ਸਾਬਕਾ ਕੇਂਦਰੀ ਮੰਤਰੀ Sukhdev Singh Dhindsa ਦਾ ਨਿਧਨ, ਜੱਦੀ ਪਿੰਡ ’ਚ ਹੋਵੇਗਾ ਅੰਤਿਮ ਸਸਕਾਰ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ 28 ਮਈ, 2025 ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ | 27 ਮਈ ਨੂੰ ਹਸਪਤਾਲ ਵਿੱਚ ਦਾਖਲ ਹੋਏ ਢੀਂਡਸਾ ਦੀ 28 ਮਈ ਦੀ ਸ਼ਾਮ 5:05 ਵਜੇ ਦਿਲ ਦੀ ਗਤੀ ਰੁਕਣ ਕਾਰਨ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸਸਕਾਰ 30 ਮਈ, 2025 ਨੂੰ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ, ਸੰਗਰੂਰ ਜ਼ਿਲ੍ਹੇ ਵਿੱਚ ਦੁਪਹਿਰ 3 ਵਜੇ ਕੇਂਦਰੀ ਵਿਦਿਆਲਿਆ ਦੀ ਨਵੀਂ ਇਮਾਰਤ ਨੇੜੇ ਹੋਵੇਗਾ।
ਸੁਖਦੇਵ ਸਿੰਘ ਢੀਂਡਸਾ ਨੇ ਸੰਗਰੂਰ ਤੋਂ ਲੋਕ ਸਭਾ ਅਤੇ ਰਾਜ ਸਭਾ ਦੀ ਸਦੱਸਤਾ, ਅਟਲ ਬਿਹਾਰੀ ਵਾਜਪੇਈ ਸਰਕਾਰ ਵਿੱਚ ਮੰਤਰੀ ਵਜੋਂ ਸੇਵਾਵਾਂ, ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਵਜੋਂ ਅਹਿਮ ਯੋਗਦਾਨ ਪਾਇਆ। 2019 ਵਿੱਚ ਪਦਮ ਭੂਸ਼ਣ ਨਾਲ ਸਨਮਾਨਿਤ, ਉਨ੍ਹਾਂ ਨੇ 2020 ਵਿੱਚ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਇਹ ਪੁਰਸਕਾਰ ਵਾਪਸ ਕਰ ਦਿੱਤਾ। ਉਨ੍ਹਾਂ ਦੀ ਮੌਤ ਨੂੰ ਪੰਜਾਬ ਦੀ ਰਾਜਨੀਤੀ ਅਤੇ ਅਕਾਲੀ ਦਲ ਲਈ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ, ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸੁਖਬੀਰ ਸਿੰਘ ਬਾਦਲ, ਅਤੇ ਹੋਰ ਸਿਆਸੀ ਨੇਤਾਵਾਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ । ਇਸ ਦੁਖਾਂਤ ਦੀ ਘੜੀ ‘ਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਹਨਾਂ ਦੇ ਘਰ ਬਿਕਰਮ ਸਿੰਘ ਮਜੀਠੀਆ ਤੇ ਮਨਪ੍ਰੀਤ ਸਿੰਘ ਇਆਲੀ ਪਹੁੰਚੇ |