Pratap Bajwa ਨੂੰ High Court ਦੀ ਵੱਡੀ ਰਾਹਤ, ਗ੍ਰਿਫ਼ਤਾਰੀ ‘ਤੇ 22 ਅਪ੍ਰੈਲ ਤੱਕ ਲੱਗੀ ਰੋਕ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ 22 ਅਪ੍ਰੈਲ, 2025 ਤੱਕ ਗ੍ਰਿਫ਼ਤਾਰੀ ਤੋਂ ਰਾਹਤ ਦੇ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਹ ਫੈਸਲਾ ਮੋਹਾਲੀ ਦੇ ਸਾਈਬਰ ਪੁਲਿਸ ਸਟੇਸ਼ਨ ਵਿੱਚ ਬਾਜਵਾ ਦੇ ਵਿਰੁੱਧ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਦੀ ਸੁਣਵਾਈ ਦੌਰਾਨ ਆਇਆ | ਮੋਹਾਲੀ ਪੁਲਿਸ ਨੇ ਬਾਜਵਾ ਤੋਂ ਉਸਦੇ ਬਿਆਨ ਸੰਬੰਧੀ ਲਗਭਗ ਸਾਢੇ ਪੰਜ ਘੰਟੇ ਪੁੱਛਗਿੱਛ ਕੀਤੀ ਸੀ। ਬਾਜਵਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜਾਂਚ ਵਿੱਚ ਪੂਰਾ ਸਹਿਯੋਗ ਕੀਤਾ ਹੈ, ਪਰ ਪੁਲਿਸ ਮੁਤਾਬਿਕ ਪ੍ਰਤਾਪ ਸਿੰਘ ਬਾਜਵਾ ਨੇ ਗ੍ਰੇਨੇਡ ਸਬੰਧੀ ਜਾਣਕਾਰੀ ਦੇਣ ਚ ਸਹਿਯੋਗ ਨਾ ਦੇਣ ਦੀ ਗੱਲ ਸਾਹਮਣੇ ਆ ਰਹੀ ਹੈ |
ਦੱਸ ਦੇਈਏ ਕਿ ਬਾਜਵਾ ਨੇ ਇੱਕ ਮੀਡੀਆ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਆਪਣੇ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ 50 ਹੈਂਡ ਗ੍ਰੇਨੇਡ ਸਰਹੱਦ ਪਾਰਤੋਂ ਪੰਜਾਬ ਵਿੱਚ ਪਹੁੰਚੇ ਹਨ। ਇਨ੍ਹਾਂ ਵਿੱਚੋਂ 18 ਦੀ ਵਰਤੋਂ ਹੋ ਚੁੱਕੀ ਹੈ ਅਤੇ 32 ਅਜੇ ਵੀ ਸਰਗਰਮ ਹਨ, ਜੋ ਭਵਿੱਖ ਵਿੱਚ ਵਰਤੇ ਜਾ ਸਕਦੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਬਾਜਵਾ ਦੇ ਬਿਆਨ ‘ਤੇ ਸਖਤ ਇਤਰਾਜ਼ ਜਤਾਇਆ। ਉਨ੍ਹਾਂ ਨੇ ਸਵਾਲ ਕੀਤਾ ਕਿ ਬਾਜਵਾ ਨੂੰ ਇਹ ਜਾਣਕਾਰੀ ਕਿੱਥੋਂ ਮਿਲੀ? ਕੀ ਉਹ ਪਾਕਿਸਤਾਨ ਦੇ ਕਿਸੇ ਸੰਪਰਕ ਵਿੱਚ ਹਨ? ਮਾਨ ਨੇ ਕਿਹਾ ਕਿ ਜੇਕਰ ਬਾਜਵਾ ਨੇ ਇਹ ਬਿਆਨ ਪੰਜਾਬ ਵਿੱਚ ਅੱਤਵਾਦ ਜਾਂ ਅਸ਼ਾਂਤੀ ਫੈਲਾਉਣ ਦੀ ਨੀਅਤ ਨਾਲ ਦਿੱਤਾ, ਤਾਂ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਹੋਵੇਗੀ।