Pahalgam Attack: ਆਸਿਫ ਅਤੇ ਆਦਿਲ ਦੇ ਘਰ ਢਾਹੇ, ਪਹਿਲਗਾਮ ਹਮਲੇ ਦਾ ਜਵਾਬ

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਅੱਤਵਾਦੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ | ਜਾਂਚ ਏਜੰਸੀਆਂ ਦੁਆਰਾ ਇਕੱਠੇ ਕੀਤੇ ਗਏ ਸਬੂਤਾਂ ਅਤੇ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਸੁਰੱਖਿਆ ਬਲਾਂ ਨੇ ਆਸਿਫ ਦੇ ਘਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਹਮਲੇ ਵਿੱਚ ਸ਼ਾਮਲ ਇੱਕ ਹੋਰ ਅੱਤਵਾਦੀ ਆਦਿਲ ਦੇ ਘਰ ‘ਤੇ ਬੁਲਡੋਜ਼ਰ ਚਲਾਇਆ।
ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਤ੍ਰਾਲ ‘ਚ ਇਕ ਘਰ ‘ਚ ਕੁਝ ਵਿਸਫੋਟਕ ਸਮੱਗਰੀ ਮੌਜੂਦ ਹੋਣ ਕਾਰਨ ਉਹ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਤ੍ਰਾਲ ‘ਚ ਸੁਰੱਖਿਆ ਫ਼ੋਰਸਾਂ ਵਲੋਂ ਕੀਤੀ ਗਈ ਤਲਾਸ਼ੀ ਦੌਰਾਨ ਕੁਝ ਸ਼ੱਕੀ ਵਸਤੂਆਂ ਦੇਖੀਆਂ ਗਈਆਂ। ਉਨ੍ਹਾਂ ਦੱਸਿਆ, ਸੁਰੱਖਿਆ ਫ਼ੋਰਸਾਂ ਨੇ ਖ਼ਤਰਾ ਮਹਿਸੂਸ ਕੀਤਾ ਅਤੇ ਸੁਰੱਖਿਆ ਲਈ ਤੁਰੰਤ ਪਿੱਛੇ ਹਟ ਗਏ ਪਰ ਇਕ ਵੱਡਾ ਧਮਾਕਾ ਹੋਇਆ |
ਦੱਸ ਦੇਈਏ ਕਿ 22 ਅਪ੍ਰੈਲ ਨੂੰ ਅੱਤਵਾਦੀਆਂ ਨੇ ਪਹਿਲਗਾਮ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਸੀ ਅਤੇ 26 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਘਟਨਾ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਸਿਖਰ ‘ਤੇ ਪਹੁੰਚ ਗਿਆ ਹੈ। ਭਾਰਤ ਨੇ ਪਾਕਿਸਤਾਨ ਵਿਰੁੱਧ ਕਈ ਕੂਟਨੀਤਕ ਕਦਮ ਚੁੱਕੇ ਹਨ। ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਵੀਜ਼ਾ ਰੱਦ ਕਰ ਦਿੱਤਾ ਗਿਆ ਹੈ ਅਤੇ ਸਿਆਸਤਦਾਨਾਂ ਨੂੰ ਭਾਰਤ ਛੱਡਣ ਲਈ ਕਿਹਾ ਗਿਆ ਹੈ।
ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਦੇ ਸਾਂਝੇ ਬਲ ਪੂਰੇ ਖੇਤਰ ‘ਚ ਵਿਆਪਕ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਅੱਤਵਾਦੀ ਅਜੇ ਵੀ ਆਲੇ ਦੁਆਲੇ ਦੇ ਜੰਗਲਾਂ ‘ਚ ਲੁਕੇ ਹੋਏ ਹਨ। ਹੁਣ ਤੱਕ ਲਗਭਗ 2000 ਲੋਕਾਂ ਤੋਂ ਪੁੱਛ-ਗਿੱਛ ਕੀਤੀ ਜਾ ਚੁੱਕੀ ਹੈ ਅਤੇ ਕਈਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਇਸ ਦੁਖਦਾਈ ਹਮਲੇ ‘ਚ 25 ਭਾਰਤੀ ਅਤੇ ਇਕ ਨੇਪਾਲੀ ਨਾਗਰਿਕ ਮਾਰੇ ਗਏ ਸਨ।