Pahalgam Attack: ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨੀ ਸ਼ਰਧਾਲੂਆਂ ਦੀ ਚਾਰਧਾਮ ਯਾਤਰਾ ‘ਤੇ ਰੋਕ
ਪਾਕਿਸਤਾਨ ਦੇ 77 ਸ਼ਰਧਾਲੂਆਂ ਨੇ 2025 ਦੀ ਚਾਰਧਾਮ ਯਾਤਰਾ ਲਈ ਕੇਦਾਰਨਾਥ, ਬਦਰੀਨਾਥ, ਗੰਗੋਤਰੀ ਅਤੇ ਯਮੁਨੋਤਰੀ ਦੇ ਦਰਸ਼ਨਾਂ ਲਈ ਰਜਿਸਟ੍ਰੇਸ਼ਨ ਕਰਵਾਇਆ ਸੀ। ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਪਾਕਿਸਤਾਨੀ ਹਿੰਦੂਆਂ ਲਈ ਚਾਰਧਾਮ ਯਾਤਰਾ ਵਿੱਚ ਸ਼ਾਮਲ ਹੋਣਾ ਹੁਣ ਮੁਸ਼ਕਿਲ ਹੋ ਗਿਆ ਹੈ ਕਿਉਂਕਿ ਭਾਰਤ ਸਰਕਾਰ ਨੇ ਪਾਕਿਸਤਾਨੀ ਨਾਗਰਿਕਾਂ ‘ਤੇ ਵੀਜ਼ਾ ਪਾਬੰਦੀਆਂ ਲਗਾ ਦਿੱਤੀਆਂ, ਜਿਸ ਕਾਰਨ ਇਹ ਸ਼ਰਧਾਲੂ ਹੁਣ ਇਸ ਯਾਤਰਾ ਵਿੱਚ ਹਿੱਸਾ ਨਹੀਂ ਲੈ ਸਕਣਗੇ। ਪਾਕਿਸਤਾਨ ਦੇ 77 ਲੋਕਾਂ ਨੇ ਕੇਦਾਰਨਾਥ, ਬਦਰੀਨਾਥ, ਗੰਗੋਤਰੀ ਅਤੇ ਯਮੁਨੋਤਰੀ ਧਾਮ ਦੇ ਦਰਸ਼ਨਾਂ ਲਈ ਰਜਿਸਟ੍ਰੇਸ਼ਨ ਕਰਵਾਈ ਹੋਈ ਹੈ।
ਸੈਰ-ਸਪਾਟਾ ਵਿਭਾਗ ਦੇ ਰਜਿਸਟ੍ਰੇਸ਼ਨ ਅੰਕੜਿਆਂ ਅਨੁਸਾਰ, ਰਜਿਸਟਰ ਕਰਨ ਵਾਲੇ ਯਾਤਰੀਆਂ ਵਿੱਚ ਸਭ ਤੋਂ ਵੱਧ ਗਿਣਤੀ ਅਮਰੀਕਾ, ਨੇਪਾਲ ਅਤੇ ਮਲੇਸ਼ੀਆ ਤੋਂ ਹੈ। ਹੁਣ ਤੱਕ, 100 ਤੋਂ ਵੱਧ ਦੇਸ਼ਾਂ ਦੇ ਲੋਕ ਚਾਰਧਾਮ ਯਾਤਰਾ ‘ਤੇ ਜਾਣ ਲਈ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। 30 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਚਾਰਧਾਮ ਯਾਤਰਾ ਲਈ ਔਨਲਾਈਨ ਰਜਿਸਟ੍ਰੇਸ਼ਨਾਂ ਦੀ ਗਿਣਤੀ 21 ਲੱਖ ਨੂੰ ਪਾਰ ਕਰ ਗਈ ਹੈ। ਇਸ ਵਿੱਚ ਵਿਦੇਸ਼ਾਂ ਤੋਂ 24729 ਯਾਤਰੀਆਂ ਨੇ ਆਉਣ ਲਈ ਰਜਿਸਟ੍ਰੇਸ਼ਨ ਕਰਵਾਈ ਹੈ।